December 21, 2024 9:50 pm

ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੇ ਹਾਂ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ

ਕੈਬਨਿਟ ਮੰਤਰੀ ਬਾਬਾ ਵਿਸ਼ਵਕਰਮਾ ਭਵਨ ਕੈਨਾਲ ਰੋਡ, ਲੁਧਿਆਣਾ ਵਿਖੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਲੁਧਿਆਣਾ, 2 ਨਵੰਬਰ : harmel singh ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰ ਰਹੀ ਹੈ, ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸ਼ਨੀਵਾਰ ਨੂੰ ਬਾਬਾ ਵਿਸ਼ਵਕਰਮਾ ਭਵਨ ਕੈਨਾਲ ਰੋਡ, ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਅਤੇ ਤਕਨੌਲੌਜੀ ਸੈਂਟਰ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਅਤੇ ਚੇਅਰਮੈਨ ਸ੍ਰੀ ਸੁਖਦਿਆਲ ਸਿੰਘ ਬਸੰਤ, ਪ੍ਰਧਾਨ ਰਘਬੀਰ ਸਿੰਘ ਸੋਹਲ, ਮੀਤ ਪ੍ਰਧਾਨ ਬਲਦੇਵ ਸਿੰਘ ਅਮਰ, ਜਨਰਲ ਸਕੱਤਰ ਸ੍ਰੀ ਗੁਰਮੀਤ ਸਿੰਘ ਕੌਲਾਰ ਆਦਿ ਮੌਜੂਦ ਸਨ।

ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਉਹਨਾਂ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਨੂੰ ਯਕੀਨੀ ਬਣਾਉਣ ਲਈ ਯਤਨ ਕਰ ਹੈ।

ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ। ਉਹਨਾਂ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਮੰਤਰੀ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਜੀ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਉਹਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਸ੍ਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।

ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਵੇਂ ਭਗਵਾਨ ਵਿਸ਼ਵਕਰਮਾ ਨੇ ਇੱਟ ਨਾਲ ਇੱਟ ਜੋੜ ਕੇ ਸਮੁੱਚੇ ਬ੍ਰਹਿਮੰਡ ਦੀ ਰਚਨਾ ਕੀਤੀ ਹੈ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਦੇਸ਼ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਕੇ ਆਪਣੇ ਰਾਸ਼ਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੇਸ਼ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਤੋਰਿਆ ਜਾਵੇ। ਉਹਨਾਂ ਨੇ ਇਸ ਨੇਕ ਕਾਰਜ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

Leave a Comment

और पढ़ें

  • marketmystique

Cricket Live Score

Corona Virus

Rashifal

और पढ़ें